Sunday, August 03, 2025
 

ਪੰਜਾਬ

ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਚੀਮਾ

October 06, 2022 09:36 PM

ਪੇਂਡੂ ਅਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਨਾਲ ਮੀਟਿੰਗ ਦੌਰਾਨ ਮੰਗਾਂ 'ਤੇ ਵਿਸਥਾਰ 'ਚ ਚਰਚਾ 

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ਕੋਈ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਇਹ ਚਿਤਾਵਨੀ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਫਰੰਟ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁਝ ਮਾਈਕਰੋਫਾਈਨਾਂਸ ਫਰਮਾਂ ਸਮੇਤ ਬਹੁਤ ਸਾਰੀਆਂ ਉਧਾਰ ਦੇਣ ਵਾਲੀਆਂ ਫਰਮਾਂ ਘਟੀਆ ਚਾਲਾਂ ਅਤੇ ਨਾਜਾਇਜ਼ ਵਸੂਲੀ ਅਭਿਆਸਾਂ ਦਾ ਸਹਾਰਾ ਲੈ ਰਹੀਆਂ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸ. ਚੀਮਾ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਭਾਰਤੀ ਰਿਜ਼ਰਵ ਬੈਂਕ ਨੂੰ ਕੀਤੀ ਜਾਵੇ ਅਤੇ ਅਜਿਹੇ ਅਦਾਰਿਆਂ ਦੇ ਪੂਰੇ ਭਾਰਤ ਦੇ ਲਾਇਸੈਂਸ ਨੂੰ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ।

ਦੋ ਘੰਟੇ ਤੱਕ ਚੱਲੀ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਫਰੰਟ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੁਲਿਸ, ਸਮਾਜਿਕ ਸੁਰੱਖਿਆ, ਬਿਜਲੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈ, ਪੇਂਡੂ ਵਿਕਾਸ ਅਤੇ ਵਿੱਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਵਿੱਤ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਮੁੱਦਿਆਂ ‘ਤੇ ਤੁਰੰਤ ਕਾਰਵਾਈ ਸੰਭਵ ਹੈ ਅਜਿਹੀਆਂ ਸਾਰੀਆਂ ਮੰਗਾਂ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।

ਸ. ਚੀਮਾ ਨੇ ਫਰੰਟ ਦੀਆਂ ਹੋਰ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਤੀ ਅਤੇ ਕਾਨੂੰਨੀ ਉਲਝਣਾਂ ਸਬੰਧੀ ਸਬੰਧਤ ਵਿਭਾਗਾਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਫਰੰਟ ਦੇ ਮਸਲਿਆਂ ਦੇ ਜਲਦੀ ਹੱਲ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫਰੰਟ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ਤੇ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ।

ਵਿੱਤ ਮੰਤਰੀ ਨੇ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਮੋਰਚੇ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਮੰਗਾਂ 'ਤੇ ਵਿਚਾਰ ਕਰਨ ਲਈ ਜਿਨ੍ਹਾਂ ਦਾ ਹੱਲ ਮੁੱਖ ਮੰਤਰੀ ਦੇ ਪੱਧਰ 'ਤੇ ਹੀ ਹੋ ਸਕਦਾ ਹੈ, ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਫਰੰਟ ਦੀ ਮੀਟਿੰਗ ਤੈਅ ਕਰਵਾਉਣਗੇ।

ਇਸ ਮੀਟਿੰਗ ਵਿੱਚ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਮੌਜੂਦ ਸਨ।

 

Have something to say? Post your comment

 
 
 
 
 
Subscribe