ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
* ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ
ਚੰਡੀਗੜ੍ਹ, 4 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਅਤੇ ਚੌਕਸ ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੇ ਇਰਾਦੇ ਨਾਲ ਕੀਤੇ ਗਏ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਕੇ ਆਪਣੀ ਅਮੀਰ ਵਿਰਾਸਤ ਨੂੰ ਕਾਇਮ ਰੱਖ ਰਹੀ ਹੈ।