Tuesday, November 18, 2025

ਪੰਜਾਬ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

May 09, 2025 02:33 PM

ਅੰਮ੍ਰਿਤਸਰ, 9 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਸ. ਗੁਰਮੀਤ ਸਿੰਘ ਅਤੇ ਕਾਕ ਰਾਜਵੰਸ਼ ਸਿੰਘ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਹਮਦਰਦੀ ਜਤਾਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਬਣੇ ਤਣਾਅਪੂਰਨ ਹਾਲਾਤ ਦੌਰਾਨ ਬੀਤੇ ਦਿਨੀਂ ਪੁੰਛ ਤੋਂ ਸਿੱਖ ਜੰਮੂ ਨੂੰ ਆ ਰਹੇ ਸੀ, ਜਦੋਂ ਗੱਡੀਆਂ ਦੇ ਕਾਫ਼ਲੇ ’ਤੇ ਹਮਲਾ ਹੋਣ ਕਰਕੇ ਇਕ ਸਿੱਖ ਦੀ ਮੌਤ ਹੋ ਗਈ ਅਤੇ ਸ. ਗੁਰਮੀਤ ਸਿੰਘ ਉਨ੍ਹਾਂ ਦਾ ਬੇਟਾ ਕਾਕਾ ਰਾਜਵੰਸ਼ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਸ. ਗੁਰਮੀਤ ਸਿੰਘ ਤੇ ਕਾਕਾ ਰਾਜਵੰਸ਼ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਮਨੁੱਖਤਾ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਮੌਜੂਦਾ ਸਮੇਂ ਬਣੇ ਹਾਲਾਤਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਤੋਂ ਆਪਣਾ ਘਰ ਬਾਰ ਛੱਡ ਕੇ ਆਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਨਜ਼ਦੀਕੀ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਖ਼ਾਲੀ ਹੋਏ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਸੁਰੱਖਿਅਤ ਜਗ੍ਹਾ ਪਹੁੰਚਾਏ ਜਾ ਰਹੇ ਹਨ। ਸਕੱਤਰ ਸ. ਪ੍ਰਤਾਪ ਸਿੰਘ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ’ਤੇ ਉਹ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸੰਪਰਕ ਕਰਨ।

 

Have something to say? Post your comment

Subscribe