ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਦੀ 1.27 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਦਲੀ ਨੁਹਾਰ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਲਿਆ ਕੇ ਨਵਾਂ ਇਤਿਹਾਸ ਸਿਰਜਿਆ : ਇੰਦਰਜੀਤ ਕੌਰ ਮਾਨ
ਜਲੰਧਰ, 23 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 10 ਹੋਰ ਸਰਕਾਰੀ ਸਕੂਲਾਂ ਦੀ 1.27 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਨਾਲ ਨੁਹਾਰ ਬਦਲੀ ਗਈ ਹੈ। ਇਨ੍ਹਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 37.03 ਲੱਖ ਅਤੇ 90.17 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸ਼ਾਮਲ ਹਨ।
ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਵਿਖੇ 14.51 ਲੱਖ ਦੀ ਲਾਗਤ ਤਿਆਰ ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ ਲੋਕ ਅਰਪਣ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਨਵਾਂ ਇਤਿਹਾਸ ਸਿਰਜਿਆ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਨਾ ਸਿਰਫ਼ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਪੱਖੋਂ ਮਜ਼ਬੂਤ ਕੀਤਾ ਹੈ ਸਗੋਂ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੱਖੋਂ ਵੀ ਇਹ ਸਕੂਲ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੁਲੰਦੀਆਂ ’ਤੇ ਲਿਜਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸੇ ਤਰ੍ਹਾਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗੋਹਾਵਰ ਵਿਖੇ 33.50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਵਿਖੇ 3 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਾਹਲ ਵਿਖੇ 2.55 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਟਾ ਵਿਖੇ 2.66 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਵਿਖੇ 42.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਅਤੇ ਕੁਲਾਰ ਵਿਖੇ 10.50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਇੱਦਾ ਵਿਖੇ 10.81 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੱਲ ਨਓ ਵਿਖੇ 7.51 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।