Wednesday, November 19, 2025
BREAKING NEWS

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਨਵੰਬਰ 2025)

November 19, 2025 08:16 AM

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਨਵੰਬਰ 2025)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।

ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।

ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ 'ਤਿਸ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨।

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

 

Have something to say? Post your comment

 
 
 
 
 
Subscribe