ਪੰਜਾਬ, 08 ਅਗਸਤ 2026: ਕਥਿਤ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਵਿਵਾਦਾਂ ਵਿੱਚ ਘਿਰਿਆ ਨਿਹੰਗ ਜਸਦੀਪ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸੋਸ਼ਲ ਮੀਡੀਆ 'ਤੇ ਜਸਦੀਪ ਸਿੰਘ ਦੀ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿੱਚ ਨਿਹੰਗ ਸਿੰਘ ਨੇ ਜੇਕਰ ਇਨਸਾਫ਼ ਨਾ ਮਿਲਿਆ ਤਾਂ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਪੋਸਟ ਵਿੱਚ ਜਸਦੀਪ ਨੇ ਕਿਹਾ ਕਿ ਜੇਕਰ ਉਸਦੇ ਪਰਿਵਾਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਉਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਵੇਗਾ।
ਜਸਦੀਪ ਸਿੰਘ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਸਨੂੰ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਹੋਈ, ਨੌਂ ਦਿਨ ਹੋ ਗਏ ਹਨ, ਪਰ ਅਜੇ ਤੱਕ ਕਿਸੇ ਨੇ ਇਨਸਾਫ਼ ਨਹੀਂ ਦਿੱਤਾ। ਉਸਦਾ ਖੱਬਾ ਹੱਥ ਵੀ ਟੁੱਟ ਗਿਆ ਹੈ। 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਜਸਦੀਪ ਸਿੰਘ ਨੇ ਕਿਹਾ ਕਿ ਜੇਕਰ ਉਸਦੀ ਕਾਰ ਵਾਪਸ ਨਹੀਂ ਕੀਤੀ ਗਈ ਅਤੇ ਉਸਦੇ ਪਰਿਵਾਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਕੱਲ੍ਹ ਇਸ ਸਮੇਂ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਵੇਗਾ। ਉਸਨੇ ਆਪਣੀ ਮੌਤ ਲਈ ਪੰਜਾਬ ਪੁਲਿਸ ਪ੍ਰਸ਼ਾਸਨ ਅਤੇ ਆਪਣੀ ਸ਼ਿਕਾਇਤ ਵਿੱਚ ਨਾਮਜ਼ਦ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਜ਼ਿਕਰਯੋਗ ਹੈ ਕਿ ਬੁੱਢਾ ਦਲ ਵੱਲੋਂ ਨਿਹੰਗ ਜਸਦੀਪ ਸਿੰਘ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ। ਬੁੱਢਾ ਦਲ ਦੇ ਬੁਲਾਰੇ ਨੇ ਦੱਸਿਆ ਕਿ ਜਸਦੀਪ ਹੁਣ ਨਿਹੰਗ ਪੱਗ ਜਾਂ ਦੁਮਾਲਾ ਨਹੀਂ ਪਹਿਨ ਸਕੇਗਾ, ਅਤੇ ਹੋਰ ਨਿਹੰਗ ਸਮੂਹਾਂ ਨੂੰ ਵੀ ਅਪੀਲ ਕੀਤੀ ਗਈ ਸੀ ਕਿ ਉਹ ਉਸਨੂੰ ਅੰਮ੍ਰਿਤ ਨਾ ਛਕਾਉਣ।