ਮਾਲੇਰਕੋਟਲਾ, 08 ਅਗਸਤ 2026: ਮਾਲੇਰਕੋਟਲਾ 'ਚ ਕਾਂਗਰਸ ਪਾਰਟੀ ਵੱਲੋਂ ਬੂਥ ਪੱਧਰ ‘ਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੇ ਪ੍ਰੋਗਰਾਮ 'ਚ ਹੰਗਾਮਾ ਹੋ ਗਿਆ। ਸਮਾਗਮ 'ਚ ਦੋ ਕਾਂਗਰਸੀ ਧੜਿਆਂ ਦੇ ਆਗੂ ਅਤੇ ਵਰਕਰ ਆਪਸ ‘ਚ ਭਿੜ ਗਏ।
ਦੋਵਾਂ ਧੜਿਆਂ ਦੇ ਸਮਰਥਕਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ ਅਤੇ ਉਨ੍ਹਾਂ ਦੇ ਆਪਣੇ ਆਗੂਆਂ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ। ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਨੇ ਸਮਾਗਮ ਦੌਰਾਨ ਸਟੇਜ ‘ਤੇ ਜਾਣ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਕੁਝ ਕਾਂਗਰਸੀ ਆਗੂਆਂ ਅਤੇ ਵਰਕਰਾਂ, ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਸਟੇਜ ‘ਤੇ ਜਾਣ ਤੋਂ ਰੋਕਿਆ ਗਿਆ।
ਵਿਵਾਦ ਨੂੰ ਵਧਦਾ ਦੇਖ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਖੁਦ ਸਟੇਜ ਤੋਂ ਹੇਠਾਂ ਉਤਰਨਾ ਪਿਆ। ਉਨ੍ਹਾਂ ਨੇ ਉੱਥੇ ਮੌਜੂਦ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਪਰ ਦੋਵਾਂ ਧਿਰਾਂ ਦੇ ਸਮਰਥਕ ਕੁਝ ਸਮੇਂ ਲਈ ਨਾਅਰੇਬਾਜ਼ੀ ਕਰਦੇ ਰਹੇ। ਪਾਰਟੀ ਆਗੂਆਂ ਵੱਲੋਂ ਵਰਕਰਾਂ ਨੂੰ ਸ਼ਾਂਤ ਕਰਨ ਤੋਂ ਬਾਅਦ, ਪ੍ਰੋਗਰਾਮ ਅੱਗੇ ਵਧਿਆ।