ਹਰਿਆਣਾ, 14 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਕੈਬਿਨਟ ਦੀ ਬੈਠਕ ਤੋਂ ਬਾਅਦ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ‘ਚ ਸਰਕਾਰ ਵੱਲੋਂ ਲਏ ਗਏ ਮਹੱਤਵਪੂਰਨ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਿਨਟ ਬੈਠਕ ‘ਚ ਕੁੱਲ 12 ਏਜੰਡੇ ਰੱਖੇ ਗਏ, ਜਿਨ੍ਹਾਂ ਨੂੰ ਸਰਵਸੰਮਤੀ ਨਾਲ ਮਨਜ਼ੂਰੀ ਪ੍ਰਦਾਨ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 27 ਅਗਸਤ ਤੋਂ ਸ਼ੁਰੂ ਹੋਵੇਗਾ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੋਚਿੰਗ ਸੈਂਟਰਾਂ ‘ਚ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀ ਸਰਵਉੱਚ ਤਰਜੀਹ ਹੈ। ਹਾਲ ਹੀ ‘ਚ ਸਾਹਮਣੇ ਆਏ ਘਟਨਾਕ੍ਰਮਾਂ ਨੂੰ ਧਿਆਨ ‘ਚ ਰੱਖਦਿਆਂ ਕੋਚਿੰਗ ਸੈਂਟਰਾਂ ਲਈ ਇੱਕ ਪ੍ਰਭਾਵੀ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਨੀਤੀ ਤਹਿਤ ਕੋਚਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਪੀਣ ਦੇ ਪਾਣੀ, ਅੱਗ ਸੁਰੱਖਿਆ, ਬੈਠਣ ਦੀ ਲੋੜੀਂਦੀ ਵਿਵਸਥਾ ਅਤੇ ਹੋਰ ਲੋੜੀਂਦੇ ਸੁਰੱਖਿਆ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੰਸਥਾਨਾਂ ਵਿਰੁੱਧ ਕਾਰਵਾਈ ਦੇ ਵੀ ਉਪਬੰਧ ਕੀਤੇ ਗਏ ਹਨ।