ਚੰਡੀਗੜ੍ਹ, 25 ਅਗਸਤ 2026: ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ‘ਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀਆਂ ਤਨਖਾਹਾਂ ‘ਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਪੰਜਾਬ ਸਰਕਾਰ ਮੁਤਾਬਕ ਇਸ ਫੈਸਲੇ ਨਾਲ ਕਰੀਬ 1, 100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖ਼ਾਹ ਲਗਭਗ 10, 000 ਰੁਪਏ ਤੋਂ ਵਧ ਕੇ 22, 000 ਰੁਪਏ ਤੋਂ ਵੱਧ ਹੋ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਦੇ ਵਫ਼ਦ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ‘ਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖ਼ਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ‘ਚ 120 ਫੀਸਦੀ ਤੋਂ ਵੱਧ ਵਾਧਾ ਕਰਕੇ ਰਾਹਤ ਦਿੱਤੀ ਹੈ।”
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ‘ਚ 15, 000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।