ਨਵੀਂ ਦਿੱਲੀ 11/10/2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰ ਹਦੂਦ ਵਿੱਚ ਕਥਿਤ ਤੌਰ ’ਤੇ ਸਿਆਸੀ ਨਾਅਰੇਬਾਜ਼ੀ ਕਰਨ ਅਤੇ ਜਾਣਬੁੱਝ ਕੇ ਵਿਘਨ ਪੈਦਾ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਿਸੇ ਵੀ ਸਿਆਸੀ ਪ੍ਰਚਾਰ ਜਾਂ ਗਤੀਵਿਧੀ ਲਈ ਵਰਤਣਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ ਨਿੰਦਣਯੋਗ ਕੋਝਾ ਉਪਰਾਲਾ ਹੈ।
ਸਰਦਾਰ ਕਾਲਕਾ ਅਤੇ ਕਾਹਲੋੰ ਨੇ ਕਿਹਾ ਕਿ ਸ਼ਿਕਾਇਤ ਵਿੱਚ ਦਰਜ ਵੇਰਵਿਆਂ ਅਨੁਸਾਰ ਇਹ ਕਿਸੇ ਸੋਚੀ-ਸਮਝੀ ਅਤੇ ਯੋਜਨਾਬੱਧ ਕਾਰਵਾਈ ਦਾ ਨਤੀਜਾ ਜਾਪਦੀ ਹੈ, ਜਿਸ ਰਾਹੀਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਸਿਆਸੀ ਮਨੋਰਥਾਂ ਲਈ ਦੁਰਵਰਤਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਲਈ ਸ਼ਰਧਾ, ਸ਼ਾਂਤੀ ਅਤੇ ਆਤਮਿਕਤਾ ਦਾ ਕੇਂਦਰ ਹੈ, ਇਸ ਲਈ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਡੀਸੀਪੀ ਨਵੀਂ ਦਿੱਲੀ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿੱਚ ਘਟਨਾ ਦੀ ਪੂਰੀ ਜਾਂਚ, ਇਸ ਪਿੱਛੇ ਮੌਜੂਦ ਸਾਜ਼ਿਸ਼ ਅਤੇ ਤਾਲਮੇਲ ਦੀ ਪੜਤਾਲ ਕਰਨ ਅਤੇ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਸਿਆਸੀ ਗਤੀਵਿਧੀਆਂ ਲਈ ਵਰਤਣ ਵਾਲੇ ਜ਼ਿੰਮੇਂਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਵਿਚਾਰਾਂ ਦੇ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕਰਨਾ ਨਾ ਸਿਰਫ਼ ਧਾਰਮਿਕ ਮਰਿਆਦਾਵਾਂ ਦੀ ਉਲੰਘਣਾ ਹੈ, ਸਗੋਂ ਸਮਾਜਕ ਸਦਭਾਵਨਾ ਅਤੇ ਲੋਕਤੰਤਰੀ ਜ਼ਿੰਮੇਵਾਰੀ ਦੇ ਵੀ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਆਗੂ ਨੂੰ ਇਹ ਅਧਿਕਾਰ ਨਹੀਂ ਕਿ ਉਹ ਆਪਣੇ ਸਿਆਸੀ ਲਾਭ ਲਈ ਗੁਰੂ ਘਰ ਦੀ ਪਵਿੱਤਰਤਾ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰੇ।
ਸਰਦਾਰ ਕਾਲਕਾ ਨੇ ਦਿੱਲੀ ਪੁਲਿਸ ਅਤੇ ਸਬੰਧਤ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਘਟਨਾ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰਾਖੀ ਕਰਨਾ ਹਰ ਜ਼ਿੰਮੇਵਾਰ ਨਾਗਰਿਕ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।